ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਕੋਈ ਕਸਰ ਨਹੀਂ ਛੱਡੇਗੀ ਪੰਜਾਬ ਸਰਕਾਰ – ਡਿਪਟੀ ਸਪੀਕਰ
ਜਲ਼ੰਧਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ
ਪੰਜਾਬੀਆਂ ਵੱਲੋਂ ਆਜ਼ਾਦੀ ਦੀ ਲੜਾਈ ਵਿੱਚ ਦਿੱਤੀਆਂ ਕੁਰਬਾਨੀਆਂ ਨੂੰ ਕੀਤਾ ਨਮਨ
ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਤੇ ਲੋਕ ਸੇਵਾ ਲਈ ਸੰਗਠਨਾਂ/ਸੰਸਥਾਵਾਂ ਦਾ ਸਨਮਾਨ
ਜਲੰਧਰ, 15 ਅਗਸਤ :
(ਸੁਨੀਲ ਕੁਮਾਰ)ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਤੇ ਹੱਸਦਾ ਵੱਸਦਾ ਬਣਾਉਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਅੱਜ ਇਥੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਉਹਨਾਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਆਪਣੇ ਸੰਬੋਧਨ ਦੌਰਾਨ ਡਿਪਟੀ ਸਪੀਕਰ ਸ਼੍ਰੀ ਰੋੜੀ ਨੇ ਦੁਨੀਆਂ ਦੇ ਕੋਨੇ -ਕੋਨੇ ਵਿੱਚ ਵੱਸਦੇ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਨਮਨ ਕੀਤਾ ।
ਉਹਨਾਂ ਕਿਹਾ ਕਿ “ਸਾਨੂੰ ਮਾਣ ਹੈ ਕਿ ਘੱਟ ਗਿਣਤੀ ਹੋਣ ਦੇ ਬਾਵਜੂਦ ਦੇਸ਼ ਦੀ ਆਜ਼ਾਦੀ ਦੇ ਘੋਲ ਵਿੱਚ ਪੰਜਾਬੀਆਂ ਦਾ ਸੱਭ ਤੋਂ ਵੱਧ ਯੋਗਦਾਨ ਹੈ” ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਅਨੁਸਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅਨੇਕਾਂ ਕ੍ਰਾਂਤੀਕਾਰੀ ਫੈਸਲੇ ਲਏ ਹਨ।
ਉਹਨਾਂ ਦੱਸਿਆ ਕਿ ਸ਼ਹੀਦਾਂ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਦੀ ਯਾਦ ਵਿੱਚ “ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ “ ਮੁੜ ਸ਼ੁਰੂ ਕੀਤਾ ਗਿਆ ਹੈ ।
ਇਸ ਤੋਂ ਇਲਾਵਾ ਡਿਊਟੀ ਦੌਰਾਨ ਸ਼ਹੀਦ ਹੋਏ ਸੈਨਿਕਾਂ ਦਾ ਮਾਣ ਭੱਤਾ ਵਧਾ ਕੇ 1 ਕਰੋੜ ਰੁਪਏ ਕਰਨ ਦੇ ਨਾਲ-ਨਾਲ ਆਜ਼ਾਦੀ ਘੁਲਾਟੀਆਂ ਦੀ ਮਹੀਨਾਵਾਰ ਪੈਨਸ਼ਨ ਵੀ 12 ਹਜ਼ਾਰ ਰੁਪਏ ਕੀਤੀ ਗਈ ਹੈ ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨਾਲ ਸੱਭ ਤੋਂ ਵੱਡਾ ਵਾਅਦਾ ਪੂਰਾ ਕਰਦਿਆਂ 90 ਫੀਸਦੀ ਖਪਤਕਾਰਾਂ ਨੂੰ ਮੁਫਤ ਬਿਜਲੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਕ ਸਾਲ ਦੌਰਾਨ ਹੀ 30 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਸ੍ਰੀ ਰੋੜੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪੰਜਾਬ ਸਰਕਾਰ ਦੀ ਤਰਜੀਹ ਦੱਸਦਿਆਂ ਕਿਹਾ ਕਿ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਸਿਹਤ ਸਹੂਲਤਾਂ ਦੇਣ ਲਈ 76 ਹੋਰ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਅਤੇ 117 ਸਕੂਲਾਂ ਆਫ ਐਮੀਨੈਂਸ ਸ਼ੁਰੂ ਕੀਤੇ ਗਏ ਹਨ ।
ਉਹਨਾਂ ਇਹ ਵੀ ਦੱਸਿਆ ਕਿ ਐਨ. ਡੀ. ਏ ਅਤੇ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਮੁਫਤ ਕੋਚਿੰਗ ਸੈਂਟਰ ਖੋਲੇ ਜਾ ਰਹੇ ਹਨ ।
ਡਿਪਟੀ ਸਪੀਕਰ ਨੇ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ “ਖੇਡਾਂ ਵਤਨ ਪੰਜਾਬ ਦੀਆਂ “ ਸ਼ੁਰੂ ਕਰਨ ਅਤੇ ਨਵੀਂ ਖੇਡ ਨੀਤੀ ਤਹਿਤ ਉਭਰਦੇ ਖਿਡਾਰੀਆਂ ਦੇ ਹੁਨਰ ਨੂੰ ਤਰਾਸ਼ਣ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ ।
ਸ਼੍ਰੀ ਰੋੜੀ ਨੇ ਖੇਤੀਬਾੜੀ ਦੇ ਖੇਤਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਅਤੇ 14 ਹਜ਼ਾਰ ਦੇ ਕਰੀਬ ਬੰਦ ਪਏ ਨਹਿਰੀ ਖਾਲੇ ਮੁੜ ਸ਼ੁਰੂ ਕਰਨ ਨੂੰ ਸਿੰਚਾਈ ਖੇਤਰ ਵਿੱਚ ਵੱਡੀ ਤਬਦੀਲੀ ਕਰਾਰ ਦਿੱਤਾ ।
ਉਹਨਾਂ ਇਹ ਵੀ ਦੱਸਿਆ ਕਿ ਪੰਚਾਇਤੀ ਜਮੀਨਾਂ ਤੋਂ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ 11665 ਏਕੜ ਪੰਚਾਇਤੀ ਜ਼ਮੀਨ ਖਾਲੀ ਕਰਵਾਈ ਗਈ ਹੈ ।
ਦੁਆਬੇ ਦਾ ਦਿਲ ਕਹੇ ਜਾਂਦੇ ਜਲੰਧਰ ਦੇ ਵਿਕਾਸ ਦੀ ਗੱਲ ਕਰਦਿਆਂ ਡਿਪਟੀ ਸਪੀਕਰ ਨੇ ਦੱਸਿਆ ਕਿ 93 ਕਰੋੜ ਦੀ ਲਾਗਤ ਨਾਲ ਜਿਥੇ ਸ਼ਹਿਰੀ ਖੇਤਰਾਂ ਵਿੱਚ 261 ਵਿਕਾਸ ਪ੍ਰੋਜੈਕਟ ਚੱਲ ਰਹੇ ਹਨ, ਉਥੇ ਹੀ ਸਮਾਰਟ ਵਿਲੇਜ ਕੰਪੇਨ ਤਹਿਤ 169 ਕਰੋੜ ਰੁਪਏ ਖਰਚ ਕੀਤੇ ਗਏ ਹਨ ।
ਉਹਨਾਂ ਦੱਸਿਆ ਕਿ ਪਿੰਡਾਂ ਅੰਦਰ ਤਲਾਬ ਬਣਾ ਕੇ ਪਾਣੀ ਦੀ ਸਾਂਭ-ਸੰਭਾਲ ਲਈ 38 ਤਲਾਬ ਬਣਾਏ ਜਾ ਚੁੱਕੇ ਹਨ ।
ਇਸ ਤੋਂ ਪਹਿਲਾਂ ਡਿਪਟੀ ਸਪੀਕਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ ।
ਸਮੁੱਚੀ ਪਰੇਡ ਦੀ ਅਗਵਾਈ ਹਰਸ਼ਪ੍ਰੀਤ ਸਿੰਘ ਪੀ. ਪੀ. ਐਸ. ਨੇ ਕੀਤੀ ਜਦ ਕਿ ਆਈ. ਟੀ. ਬੀ. ਪੀ. ਪੰਜਾਬ ਪੁਲਿਸ ਮਹਿਲਾ ਤੇ ਪੁਰਸ਼, ਆਰ. ਟੀ. ਸੀ. ਪੀ. ਏ. ਪੀ. ਜਲ਼ੰਧਰ ਪੰਜਾਬ ਹੋਮ ਗਾਰਡ, ਪੰਜਾਬ ਬੁਆਇਜ਼ , ਪੰਜਾਬ ਗਰਲਜ਼, ਦੇਵੀ ਸਹਾਏ ਸੀਨੀਅਰ ਸੈਕੰਡਰੀ ਸਕੂਲ , ਲਾਇਲਪੁਰ ਖਾਲਸਾ ਸਕੂਲ ਲੜਕੇ, ਨਹਿਰੂ ਗਾਰਡਨ ਸਕੂਲ (ਲੜਕੀਆਂ ) ਲਾਇਲਪੁਰ ਖਾਲਸਾ ਸਕੂਲ ( ਲੜਕੀਆਂ )ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਦੀਆਂ ਟੁਕੜੀਆਂ ਵੱਲੋਂ ਪਰੇਡ ਅਤੇ ਮਾਰਚ ਪਾਸਟ ਵਿੱਚ ਭਾਗ ਲਿਆ ਗਿਆ ।
ਡਿਪਟੀ ਸਪੀਕਰ ਵੱਲੋਂ ਇਸ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ ਅਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ ।
ਇਸ ਮੌਕੇ ਲੋਕ ਸਭਾ ਮੈਂਬਰ ਸ਼੍ਰੀ ਸ਼ੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ, ਏ. ਡੀ. ਜੀ. ਪੀ. ਏ. ਐਸ. ਰਾਏ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਰਾਜਵਿੰਦਰ ਕੌਰ ਥਿਆੜਾ ਚੇਅਰਪਰਸਨ ਪੰਜਾਬ ਕੰਟੇਨਰ ਐਂਡ ਵੇਅਰ ਹਾਊਸ ਕਾਰਪੋਰੇਸ਼ਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਆਗੂ ਸੁਰਿੰਦਰ ਸਿੰਘ ਸੋਢੀ, ਪ੍ਰਿੰਸੀਪਲ ਪ੍ਰੇਮ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਮੇਜਰ ਅਮਿਤ ਮਹਾਜਨ ਤੇ ਹੋਰ ਅਧਿਕਾਰੀ ਹਾਜ਼ਰ ਸਨ ।
1-ਜਲੰਧਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ।
2-ਜਲੰਧਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਪਰੇਡ ਦਾ ਨਿਰੀਖਣ ਕਰਦੇ ਹੋਏੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਨਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ।
3-ਆਜ਼ਾਦੀ ਦਿਹਾੜੇ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਹਲ ਚੇਅਰ ਅਤੇ ਸਿਲਾਈ ਮਸ਼ੀਨਾਂ ਵੰਡਦੇ ਹੋਏ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ।
4-ਸ਼ਾਨਦਾਰ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ-ਕਰਮਚਾਰੀਆਂ ਦਾ ਸਨਮਾਨ ਕਰਦੇ ਹੋਏ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ।