ਪੰਜਾਬ ਹਰਿਆਣਾ ਹਾਈ ਕੋਰਟ ਤੋਂ ਮਿਲੀ ਵਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਐਨ, ਡੀ,ਪੀ, ਐਸ ਐਕਟ ਤਹਿਤ ਕੀਤਾ ਗਿਆ ਸੀ ਮਾਮਲਾ ਦਰਜ।
ਚੰਡੀਗੜ੍ਹ (ਬਿਊਰੋ) ਪੰਜਾਬ ਹਰਿਆਣਾ ਹਾਈ ਕੋਰਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਬਿਕਰਮ ਮਜੀਠੀਆ ਨੇ ਹਾਈਕੋਰਟ ਵਿਚ ਐੱਸ. ਆਈ. ਟੀ. (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਵੱਲੋਂ ਭੇਜੇ ਸੰਮਨਾਂ ਨੂੰ ਚੁਣੌਤੀ ਦਿੱਤੀ ਸੀ। ਇਸ ਮਾਮਲੇ ਵਿਚ ਅੱਜ ਸੁਣਵਾਈ ਦੌਰਾਨ ਹਾਈਕੋਰਟ ਨੇ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ 8 ਜੁਲਾਈ ਤੱਕ ਸਿੱਟ ਸਾਹਮਣੇ ਪੇਸ਼ ਨਾ ਹੋਣ ਤੋਂ ਛੋਟ ਦਿੱਤੀ ਹੈ।ਸਾਬਕਾ ਮੁੱਖ ਮੰਤਰੀ ਚੰਨੀ ਸਰਕਾਰ ਸਮੇਂ ਬਿਕਰਮ ਮਜੀਠੀਆ ’ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਕਈ ਮਹੀਨੇ ਜੇਲ੍ਹ ਵਿਚ ਵੀ ਰਹਿ ਚੁੱਕੇ ਹਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਇਸ ਕੇਸ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਪਹਿਲਾਂ ਵੀ ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ। ਦੱਸਣਯੋਗ ਹੈ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਆਧਾਰ ‘ਤੇ ਕਾਂਗਰਸ ਸਰਕਾਰ ਦੌਰਾਨ ਦਸੰਬਰ 2021 ‘ਚ ਮਜੀਠੀਆ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿਚ ਅਦਾਲਤ ਵਿਚ ਆਤਮ ਸਮਰਪਣ ਕਰਕੇ ਕਈ ਮਹੀਨੇ ਜੇਲ ਵਿੱਚ ਵੀ ਰਹੇ ਸਨ।