ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ
ਐਚ.ਆਈ.ਵੀ.ਏਡਜ਼ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ
ਜਲੰਧਰ, 9 ਅਕਤੂਬਰ : ਯੁਵਕ ਸੇਵਾਵਾਂ ਵਿਭਾਗ ਜਲੰਧਰ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹੇ ਦੇ 39 ਕਾਲਜਾਂ ਦੇ ਰੈੱਡ ਰਿਬਨ ਇੰਚਾਰਜਾਂ ਨੇ ਭਾਗ ਲਿਆ।ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਲੰਧਰ ਰਵੀ ਦਾਰਾ ਨੇ ਰੈਡ ਰਿਬਨ ਕਲੱਬਾਂ ਨੂੰ ਕਾਲਜਾਂ ਵਿੱਚ ਨੌਜਵਾਨਾਂ ਨੂੰ ਐਚ.ਆਈ.ਵੀ. ਏਡਜ਼ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣੂ ਕਰਵਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਇਸ ਦੌਰਾਨ ਡਾ.ਬੀ.ਆਰ.ਅੰਬੇਡਕਰ ਕਾਲਜ ਬੂਟਾ ਮੰਡੀ ਤੋਂ ਡਾ.ਹਰਬਿਲਾਸ ਹੀਰਾ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨੁਕਤੇ ਸਾਂਝੇ ਕੀਤੇ ਗਏ।
ਡੀ.ਏ.ਵੀ. ਕਾਲਜ ਜਲੰਧਰ ਤੋਂ ਡਾ. ਸਾਹਿਬ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦਰਮਿਆਨ ਨਸ਼ਿਆਂ ਅਤੇ ਐਚ.ਆਈ.ਵੀ. ਏਡਜ਼ ਵਿਸ਼ੇ ’ਤੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ।ਇਸ ਮੌਕੇ ਲੋਕ ਗਾਇਕ ਦਲਵਿੰਦਰ ਦਿਆਲਪੁਰੀ, ਕਾਲਜ ਦੇ ਪ੍ਰਿੰਸੀਪਲ ਡਾ. ਨਵਜੋਤ ਕੌਰ, ਪ੍ਰੋ. ਮਨਜੀਤ ਕੌਰ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਪ੍ਰੋਫੈਸਰ ਮੌਜੂਦ ਸਨ।