ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਪਹਿਲੀ ਅਪ੍ਰੈਲ ਨੂੰ

ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਪਹਿਲੀ ਅਪ੍ਰੈਲ ਨੂੰ

ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਤੇ ਕਾਲਜਾਂ/ਯੂਨੀਵਰਸਿਟੀਆਂ/ਤਕਨੀਕੀ ਸੰਸਥਾਵਾਂ ’ਚ ਭਰੇ ਜਾਣਗੇ ਯੋਗ ਵਿਦਿਆਰਥੀਆਂ ਦੇ ਫਾਰਮ

ਜਲੰਧਰ, 28 ਮਾਰਚ(ਸੁਨੀਲ ਕੁਮਾਰ) ਜਲੰਧਰ ਲੋਕ ਸਭਾ ਹਲਕੇ ਦੀ ਆਉਣ ਵਾਲੀ ਜਿਮਨੀ ਚੋਣ ਨੂੰ ਮੁੱਖ ਰੱਖਦਿਆਂ ਸਵੀਪ ਅਧੀਨ ਵੱਧ ਤੋਂ ਵੱਧ ਨੌਜਵਾਨਾਂ ਦੀ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਲਈ 1 ਅਪ੍ਰੈਲ 2023 ਨੂੰ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ/ਯੂਨੀਵਰਸਿਟੀਆਂ/ਤਕਨੀਕੀ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਬੰਧਤ ਵਿੱਦਿਅਕ ਸੰਸਥਾਵਾਂ ਦੇ ਨੋਡਲ ਅਫ਼ਸਰਾਂ ਅਤੇ ਕੈਂਪਸ ਅੰਬੈਸਡਰਾਂ ਵੱਲੋਂ ਯੋਗ ਵਿਦਿਆਰਥੀਆਂ ਦੇ ਫਾਰਮ ਭਰੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਚੱਲ ਰਹੀ ਲਗਾਤਾਰ ਸੁਧਾਈ ਦੌਰਾਨ ਮਿਤੀ 1 ਅਪ੍ਰੈਲ 2023 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਜਾਂ ਉਸ ਤੋਂ ਵੱਧ ਉਮਰ ਦੇ ਨੌਜਵਾਨ, ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਇਸ ਕੈਂਪ ਦੌਰਾਨ ਨਵੀਂ ਵੋਟ ਲਈ ਫਾਰਮ ਨੰਬਰ-6 ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਵੋਟਰ ਹੈਲਪ ਲਾਈਨ ਜਾਂ nvsp.in ’ਤੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿੱਚ ਪੱਕੇ ਤੌਰ ’ਤੇ ਵੋਟਰ ਹੈਲਪ ਡੈਸਕ ਸਥਾਪਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਵਿਦਿਆਰਥੀ ਵੱਲੋਂ ਕਿਸੇ ਸਮੇਂ ਵੀ ਵੋਟਰ ਰਜਿਸਟ੍ਰੇਸ਼ਨ ਲਈ ਫਾਰਮ ਭਰਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣ ਪ੍ਰਕਿਰਿਆ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕਾਲਜ ਪੱਧਰ ’ਤੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਰੈਲੀਆਂ, ਲੇਖ ਲਿਖਣ, ਭਾਸ਼ਣ, ਪੋਸਟਰ ਮੇਕਿੰਗ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਪਹਿਲੇ, ਦੂਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਿਆ ਜਾਵੇਗਾ।

Leave a Reply

Your email address will not be published. Required fields are marked *