ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ’ਚ 941 ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਈ ਗਈ 4.79 ਕਰੋੜ ਤੋਂ ਵੱਧ ਦੀ ਰਾਸ਼ੀ : ਡਿਪਟੀ ਕਮਿਸ਼ਨਰ
ਜਲੰਧਰ, 28 ਮਾਰਚ(ਸੁਨੀਲ ਕੁਮਾਰ)
ਪੰਜਾਬ ਸਰਕਾਰ ਵੱਲੋਂ ਲੋੜਵੰਦ ਲੜਕੀਆਂ ਨੂੰ ਵਿਆਹ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਤਹਿਤ ਜ਼ਿਲ੍ਹੇ ਵਿੱਚ ਕੁੱਲ 941 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ 4,79,91,000 ਰੁਪਏ ਦੀ ਰਾਸ਼ੀ ਪਾ ਦਿੱਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਮਹੀਨਾ ਮਾਰਚ 2022 ਤੋਂ ਮਈ 2022 ਤੱਕ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਯੋਗ ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੇ ਹਿਸਾਬ ਨਾਲ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮਾਰਚ, ਅਪ੍ਰੈਲ ਅਤੇ ਮਈ 2022 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 831 ਲੜਕੀਆਂ ਨੂੰ 4,23,81,000 ਰੁਪਏ ਦੀ ਰਾਸ਼ੀ ਤੇ ਪਛੜੀਆਂ ਸ਼੍ਰੇਣੀਆਂ/ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 110 ਲੜਕੀਆਂ ਨੂੰ 56,10,000 ਰੁਪਏ ਦੀ ਰਾਸ਼ੀ ਆਸ਼ੀਰਵਾਦ ਸਕੀਮ ਅਧੀਨ ਮੁਹੱਈਆ ਕਰਵਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਮਾਰਚ 2022 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 455 ਲਾਭਪਾਤਰੀ ਲੜਕੀਆਂ, ਅਪ੍ਰੈਲ 2022 ਦੌਰਾਨ 343 ਲੜਕੀਆਂ ਅਤੇ ਮਈ 2022 ਦੌਰਾਨ 33 ਲੜਕੀਆਂ ਨੂੰ ਪ੍ਰਤੀ ਕੇਸ 51-51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਇਸੇ ਤਰ੍ਹਾਂ ਮਾਰਚ 2022 ਦੌਰਾਨ ਪਛੜ੍ਹੀਆਂ ਸ਼੍ਰੇਣੀਆਂ/ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ 67 ਲੜਕੀਆਂ, ਅਪ੍ਰੈਲ 2022 ਦੌਰਾਨ 43 ਲੜਕੀਆਂ ਨੂੰ ਪ੍ਰਤੀ ਕੇਸ 51-51 ਹਜ਼ਾਰ ਰੁਪਏ ਦੀ ਰਾਸ਼ੀ ਆਸ਼ੀਰਵਾਦ ਸਕੀਮ ਅਧੀਨ ਪ੍ਰਦਾਨ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਸਬੰਧਿਤ ਪਰਿਵਾਰ ਦੀ ਸਾਲਾਨਾ ਆਮਦਨ 32790/-ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਸਕੀਮ ਤਹਿਤ ਲਾਭ ਲੈਣ ਲਈ ਬਿਨੈ-ਪੱਤਰ ਵਿਆਹ ਦੀ ਮਿਤੀ ਤੋਂ 30 ਦਿਨ ਪਹਿਲਾਂ ਅਤੇ ਵਿਆਹ ਦੀ ਮਿਤੀ ਤੋਂ ਬਾਅਦ 30 ਦਿਨ ਦੇ ਅੰਦਰ-ਅੰਦਰ ਨਿਰਧਾਰਤ ਪ੍ਰੋਫਾਰਮੇ ਵਿੱਚ ਦੇਣਾ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਇਹ ਬਿਨੈ-ਪੱਤਰ ਸਬੰਧਿਤ ਤਹਿਸੀਲ ਪੱਧਰ ਦੇ ਦਫ਼ਤਰਾਂ ਜਾਂ ਸੁਵਿਧਾ ਸੈਂਟਰਾਂ ਵਿੱਚ ਦਿੱਤੇ ਜਾ ਸਕਦੇ ਹਨ।