ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਕਿਹਾ ਚੋਣ ਜਾਬਤੇ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ

ਸਰਕਾਰੀ ਇਮਾਰਤਾਂ ਤੋਂ ਸਿਆਸੀ ਇਸ਼ਤਿਹਾਰਬਾਜ਼ੀ 24 ਘੰਟਿਆਂ ’ਚ ਉਤਾਰਣ ਦੇ ਹੁਕਮ

ਜਲੰਧਰ, 29 ਮਾਰਚ(ਸੁਨੀਲ ਕੁਮਾਰ)ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਸ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਅਤੇ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

       ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ, ਵਿਭਾਗ ਦੀਆਂ ਵੈਬਸਾਈਟਾਂ ਅਤੇ ਵੈਬ ਪੇਜਾਂ ਆਦਿ ਤੋਂ ਸਿਆਸੀ ਆਗੂਆਂ ਦੀਆਂ ਤਸਵੀਰਾਂ ਆਦਿ ਤੁਰੰਤ ਲਾਹੁਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ, ਬਿਲਡਿੰਗਾਂ, ਪੋਲਾਂ ਅਤੇ ਕੰਪਲੈਕਸਾਂ ਵਿਚੋਂ ਵੀ ਸਿਆਸੀ ਪੋਸਟਰ, ਹੋਰਡਿੰਗ, ਬੈਨਰ ਆਦਿ ਤੁਰੰਤ ਉਤਾਰੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ਤੋਂ ਸਿਆਸੀ ਇਸ਼ਤਿਹਾਰ 24 ਘੰਟਿਆਂ ਵਿਚ ਅਤੇ ਨਿੱਜੀ ਪ੍ਰਾਪਰਟੀਆਂ ਤੋਂ ਇਹ ਇਸ਼ਤਿਹਾਰ 72 ਘੰਟਿਆਂ ਵਿਚ-ਵਿਚ ਉਤਾਰੇ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਨਿਗਮ ਜਲੰਧਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੇ ਦਫ਼ਤਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਹੋਰਨਾਂ ਸਬੰਧਤ ਅਦਾਰਿਆਂ ਨੂੰ ਵੀ ਚੋਣ ਜਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ।

       ਉਪ ਚੋਣ ਦੇ ਮੱਦੇਨਜ਼ਰ ਵੱਖ-ਵੱਖ ਚੋਣ ਕਾਰਜਾਂ ਲਈ ਤਾਇਨਾਤ ਸਮੂਹ ਨੋਡਲ ਅਫ਼ਸਰਾਂ ਨੂੰ ਉਨ੍ਹਾਂ ਦੀ ਡਿਊਟੀ ਤੋਂ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਚੋਣਾਂ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਪ ਚੋਣ ਨੂੰ ਅਮਨ-ਅਮਾਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਨਾਲ ਹੀ ਉਨ੍ਹਾਂ ਮੁੱਖ ਚੋਣ ਅਫਸਰ, ਪੰਜਾਬ ਰਾਹੀਂ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜੀਆਂ ਜਾਣ ਵਾਲੀਆਂ ਸਾਰੀਆਂ ਰੋਜ਼ਾਨਾ ਰਿਪੋਰਟਾਂ ਸਮੇਂ ਸਿਰ ਭੇਜਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।

        ਉਨ੍ਹਾਂ ਦੱਸਿਆ ਕਿ ਚੋਣ ਖਰਚੇ ਅਤੇ ਕਾਨੂੰਨ ਤੇ ਵਿਵਸਥਾ ਦੀ ਨਜ਼ਰਸਾਨੀ ਲਈ ਵਿਧਾਨ ਸਭਾ ਹਲਕਾ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ਵੱਖ-ਵੱਖ ਟੀਮਾਂ ਦੀ ਗਠਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਰ.ਓ. ਲੈਵਲ ‘ਤੇ ਐਮ.ਸੀ.ਐਮ.ਸੀ., ਡੀ.ਈ.ਐਮ.ਸੀ., ਸ਼ਿਕਾਇਤ ਸੈੱਲ, ਡੇਲੀ ਰਿਪੋਰਟਿੰਗ ਸੈੱਲ ਆਦਿ ਤੋਂ ਇਲਾਵਾ ਵਿਧਾਨ ਸਭਾ ਪੱਧਰ ’ਤੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਟੀਮ ਮੈਂਬਰਾਂ ਨੂੰ ਪਹਿਲੇ ਰਾਊਂਡ ਦੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ।

               ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਆਫ ਪੁਲਿਸ ਜਗਮੋਹਨ ਸਿੰਘ, ਐਸ.ਡੀ.ਐਮਜ਼. ਬਲਬੀਰ ਰਾਜ ਸਿੰਘ ਤੇ ਅਮਨਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ, ਸਮੂਹ ਨੋਡਲ ਅਫ਼ਸਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *