ਡਿਪਟੀ ਕਮਿਸ਼ਨਰ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੀਆਂ ਹਦਾਇਤਾਂ
ਕਿਹਾ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ’ਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ
ਜਲੰਧਰ, 5 ਅਪ੍ਰੈਲ (ਸੁਨੀਲ ਕੁਮਾਰ) ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਾੜੀ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਸਥਾਨਕ ਜ਼ਿਲਾ ਪ੍ਰਬੰਧਕ ਕੰਪਲੈਕਸ ਵਿਖੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 79 ਰੈਗੂਲਰ ਮੰਡੀਆਂ, ਜਿਨ੍ਹਾਂ ਵਿੱਚ 12 ਮੁੱਖ ਯਾਰਡ, 28 ਸਬ ਯਾਰਡ ਅਤੇ 39 ਖ਼ਰੀਦ ਕੇਂਦਰ ਸ਼ਾਮਲ ਹਨ, ਵਿੱਚ ਕਣਕ ਦੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਸਮੁੱਚੀਆਂ ਮੰਡੀਆਂ ਵਿੱਚ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਸਾਫ-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਲਾਈਟਾਂ ਤੇ ਪਖਾਨਿਆਂ ਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ। ਬਾਰਦਾਣੇ ਦੀ ਉਪਲਬਧਤਾ, ਖ਼ਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਦੇ ਪ੍ਰਬੰਧ, ਲੋੜੀਂਦੀ ਲੇਬਰ ਦੇ ਇੰਤਜ਼ਾਮ ਤੋਂ ਇਲਾਵਾ ਤੋਲ-ਤੁਲਾਈ ਲਈ ਕੰਡੇ ਅਤੇ ਨਮੀ ਜਾਚਣ ਵਾਲੇ ਮੀਟਰ ਠੀਕ ਹਾਲਤ ਵਿੱਚ ਹੋਣੇ ਚਾਹੀਦੇ ਹਨ ਤਾਂ ਜੋ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਤੇ ਖ਼ਰਾਬ ਮੌਸਮ ਕਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅਜੇ ਫ਼ਸਲ ਦੀ ਆਮਦ ਨਹੀਂ ਹੋਈ ਹੈ। ਖ਼ਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਤਰਪਾਲਾਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਮੌਜੂਦ ਹੋਣੇ ਚਾਹੀਦੇ ਹਨ ਤਾਂ ਜੋ ਨੁਕਸਾਨ ਤੋਂ ਬਚਾਅ ਲਈ ਕਣਕ ਦੇ ਢੇਰਾਂ ਤੇ ਫ਼ਸਲ ਦੀਆਂ ਬੋਰੀਆਂ ਨੂੰ ਢਕਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਡੀ.ਐਫ.ਐਸ.ਸੀ. ਨਰਿੰਦਰ ਸਿੰਘ, ਜ਼ਿਲਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।